Tuesday, June 2
Shadow

ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ

ਰੂਪਨਗਰ, 13 ਫਰਵਰੀ: ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਜ਼ਿਲ੍ਹਾ ਪੱਧਰੀ ਫੀਫਾ ਫੁੱਟਬਾਲ ਫਾਰ ਸਕੂਲ ਪ੍ਰੋਗਰਾਮ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਸਵਾਗਤ ਗੀਤ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪ੍ਰਿੰਸੀਪਲ ਸ਼੍ਰੀ ਰਤਨਪਾਲ ਗੁਪਤਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵੱਸਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਅਨੁਸ਼ਾਸਨ, ਸਹਿਯੋਗ ਅਤੇ ਲੀਡਰਸ਼ਿਪ ਵਰਗੇ ਗੁਣ ਵਿਕਸਿਤ ਹੁੰਦੇ ਹਨ। 

ਉਨ੍ਹਾਂ ਵਿਦਿਆਰਥੀਆਂ ਨੂੰ ਮੋਬਾਈਲ ਦੀ ਦੁਨੀਆ ਤੋਂ ਬਾਹਰ ਨਿਕਲ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਜ਼ਰੂਰ ਭਾਗ ਲੈਣਾ ਚਾਹੀਦਾ ਹੈ।

ਇਸ ਮੌਕੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿੱਚ ਸਰਗਰਮ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਉਪ ਪ੍ਰਧਾਨ ਨਗਰ ਪਾਲਿਕਾ ਸ੍ਰੀ ਚਮਕੌਰ ਸਾਹਿਬ ਸ. ਭੂਪਿੰਦਰ ਸਿੰਘ, ਬਲਾਕ ਪ੍ਰਧਾਨ ਨਗਰ ਪਾਲਿਕਾ ਚਮਕੌਰ ਸਾਹਿਬ ਸ. ਹਰਿੰਦਰ ਸਿੰਘ ਅਤੇ ਸ. ਸ਼ਮਸ਼ੇਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।

ਇਸ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਅਧਿਆਪਕ ਅਤੇ ਵਿਦਿਆਰਥੀਆਂ ਨੇ ਵੀ ਸਮਾਰੋਹ ਵਿੱਚ ਭਾਗ ਲਿਆ। ਇਸ ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ।