Monday, June 1
Shadow

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

ਕੀਰਤਪੁਰ ਸਾਹਿਬ 01 ਜੂਨ : ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਹੁਕਮਾਂ ਅਨੁਸਾਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਨੇ ਅੱਜ ਜਨਤਕ ਥਾਂਵਾਂ ਬੱਸ ਅੱਡੇ, ਬਾਜ਼ਾਰ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਹੋਰ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਤੋਂ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।
    ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਰਜੀਤ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਜਨਤਕ ਥਾਂਵਾਂ ‘ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋਂ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਨੋ-ਸਮੋਕਿੰਗ ਦੇ ਬੈਨਰ ਲਾਏ ਗਏ। ਇਸ ਦੌਰਾਨ ਟੀਮ ਵੱਲੋਂ ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਤੰਬਾਕੂ ਦੀ ਵਰਤੋਂ ਨਾਲ ਨਾ ਸਿਰਫ਼ ਫੇਫੜਿਆਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਸਰੀਰ ਦੀ ਬਿਮਾਰੀਆਂ ਨਾਲ ਲੜ੍ਹਨ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਇਸ ਲਈ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।
     ਐੱਸ.ਐੱਮ.ਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਕੋਟਪਾ ਐਕਟ ਅਨੁਸਾਰ ਹਰ ਦੁਕਾਨ, ਸਰਕਾਰੀ ਅਤੇ ਗ਼ੈਰ ਸਰਕਾਰੀ ਅਦਾਰੇ, ਸਕੂਲਾਂ, ਕਾਲਜਾਂ ਦੇ ਬਾਹਰ ਤੰਬਾਕੂਨੋਸ਼ੀ ਸਬੰਧੀ ਚੇਤਾਵਨੀ ਬੋਰਡ ਲੱਗਿਆ ਹੋਣਾ ਜ਼ਰੂਰੀ ਹੈ। ਉਹਨਾਂ ਇਹ ਵੀ ਦੱਸਿਆ ਕਿ ਬਿਨ੍ਹਾਂ ਚੇਤਾਵਨੀ ਵਾਲੀਆਂ ਵਿਦੇਸ਼ੀ ਸਿਗਰਟਾਂ ਅਤੇ ਖੁਸ਼ਬੂਦਾਰ ਤੰਬਾਕੂ ਪਦਾਰਥ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੰਜ ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।
    ਹੈਲਥ ਇੰਸਪੈਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣ ਅਤੇ ਕਿਸੇ ਵਿੱਦਿਅਕ ਅਦਾਰੇ ਦੇ 100 ਗਜ਼ ਦੇ ਘੇਰੇ ਵਿਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਵਿਕਰੀ ਕਰਨ ’ਤੇ ਰੋਕ ਹੈ। ਇਸ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਸਮੇਂ ਸਮੇਂ ‘ਤੇ ਅਜਿਹੀ ਕਾਰਵਾਈ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਤੋਂ ਜੁਰਮਾਨਾ ਵਸੂਲ ਕਰਨ ਵਾਲੀ ਟੀਮ ਵਿਚ ਮਲਟੀਪਰਪਜ਼ ਹੈਲਥ ਵਰਕਰ ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਸੰਜੀਵ ਕੁਮਾਰ ਅਤੇ ਰਵਿੰਦਰ ਸਿੰਘ ਸ਼ਾਮਲ ਸਨ।