
ਹੁਸ਼ਿਆਰਪੁਰ, 2 ਜੁਲਾਈ: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਰਵਾਰ ਸ਼ਾਮਚੁਰਾਸੀ, ਉੜਮੁੜ ਅਤੇ ਚੱਬੇਵਾਲ ਦੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ ‘ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।
ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੋਵੇਗੀ, ਉੱਥੇ ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੁੱਖ ਚੋਣ ਅਧਿਕਾਰੀ, ਪੰਜਾਬ ਨੂੰ ਭੇਜੇ ਜਾਣਗੇ, ਤਾਂ ਜੋ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹੋਰ ਵੱਧ ਸੁਵਿਧਾ ਮਿਲ ਸਕੇ।
ਇਸ ਮੌਕੇ ‘ਤੇ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਮੌਜੂਦ ਸਨ।