
ਕੋਟਕਪੂਰਾ, 7 ਜੁਲਾਈ- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਸ਼ੋਅ ਸੂਬੇ ਦੇ ਹਰੇਕ ਪਿੰਡ ਵਿੱਚ ਕਰਵਾਇਆ ਜਾ ਰਿਹਾ ਹੈ, ਤਾਂ ਜੋ ਮਹਾਨ ਸੰਤ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਪ੍ਰਚਾਰ ਵੈਨ ਰਵਾਨਾ ਕਰਨ ਉਪਰੰਤ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਹਾਨ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨਾ ਹੈ। ਡਾਕੂਮੈਂਟਰੀ ਵੈਨ ਰਾਹੀਂ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ ‘ਤੇ ਦਿਖਾਈ ਜਾਣ ਵਾਲੀ ਦਸਤਾਵੇਜ਼ੀ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਏਗੀ।
ਉਨ੍ਹਾਂ ਹਲਕੇ ਦੇ ਸਮੂਹ ਨਿਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਨ੍ਹਾਂ ਦਸਤਾਵੇਜ਼ੀ ਫਿਲਮ ਸ਼ੋਆਂ ਵਿੱਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵੀਦਾਸ ਜੀ ਦੇ ਸਰਬ ਸਾਂਝੇ, ਸਮਾਨਤਾ ਅਤੇ ਮਨੁੱਖੀ ਭਲਾਈ ਦੇ ਸੰਦੇਸ਼ ਤੋਂ ਪ੍ਰੇਰਣਾ ਲੈਣ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਅਤੇ ਭਗਤਾਂ ਦੀ ਅਮਰ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਸਭਿਆਚਾਰ ਅਤੇ ਰੂਹਾਨੀ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਬੀਡੀਪੀਓ ਕੋਟਕਪੂਰਾ ਵਿਕਾਸ ਸ਼ਰਮਾ, ਸਰਪੰਚ ਜਗਤਾਰ ਸਿੰਘ ਬਰਾੜ, ਸਤਿੰਦਰਜੀਤ ਸਿੰਘ ਗੋਲਡੀ ਬਰਾੜ, ਬਲਾਕ ਸੰਮਤੀ ਮੈਂਬਰ ਤਜਿੰਦਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਕੈਰੀ, ਕੁਲਦੀਪ ਸਿੰਘ ਮੈਂਬਰ, ਸੁਖਮੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ, ਰੇਸ਼ਮ ਸਿੰਘ ਮੈਂਬਰ, ਰਣਜੀਤ ਸਿੰਘ ਬਰਾੜ, ਨਿਰਮਲ ਸਿੰਘ ਮੈਂਬਰ, ਸਤਪਾਲ ਸਿੰਘ ਯੂਥ ਆਗੂ, ਜਸਵਿੰਦਰ ਸਿੰਘ ਖਾਲਸਾ, ਗੁਰਮੇਲ ਸਿੰਘ ਖਾਲਸਾ, ਦਲਜੀਤ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।