
ਸ਼੍ਰੀ ਅਨੰਦਪੁਰ ਸਾਹਿਬ 09 ਜੁਲਾਈ: ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਹਰਿੰਦਰ ਸਿੰਘ ਦੀ ਅਗਵਾਈ ਹੇਠ ਭਾਈ ਜੈਤਾ ਜੀ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।
ਇਸ ਮੌਕੇ ਡਾ.ਅਪਰਾਜਿਤਾ ਧਰਮਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਂਦਾ ਹੈ। ਇਸ ਦਾ ਉਦੇਸ਼ ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਗਰਭਕਾਲ ਦੌਰਾਨ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ, ਸੰਤੁਲਿਤ ਖੁਰਾਕ, ਨਿਯਮਿਤ ਜਾਂਚ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਵੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਹਾਈ ਰਿਸਕ ਗਰਭਵਤੀ ਔਰਤਾਂ ਦੀ ਵਿਸ਼ੇਸ਼ ਸਕਰੀਨਿੰਗ ਕੀਤੀ ਜਾਂਦੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਜਟਿਲਤਾ ਦਾ ਸਮੇਂ ਸਿਰ ਪਤਾ ਲਗਾ ਕੇ ਲੋੜੀਂਦਾ ਇਲਾਜ ਕੀਤਾ ਜਾ ਸਕੇ। ਇਸ ਮੌਕੇ ਲੋੜ ਅਨੁਸਾਰ ਮੁਫ਼ਤ ਟੈਸਟ, ਦਵਾਈਆਂ, ਰੈਫਰਲ ਸੇਵਾਵਾਂ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।
ਡਾ.ਅਪਰਾਜਿਤਾ ਧਰਮਾਣੀ ਨੇ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਆਪਣੇ ਗਰਭਕਾਲ ਦੌਰਾਨ ਨਿਯਮਿਤ ਤੌਰ ‘ਤੇ ਸਰਕਾਰੀ ਹਸਪਤਾਲ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ, ਸੰਤੁਲਿਤ ਅਤੇ ਪੌਸ਼ਟਿਕ ਭੋਜਨ ਖਾਣਾ ਚਾਹੀਦਾ ਹੈ, ਲੋੜੀਂਦੀ ਨੀਂਦ ਅਤੇ ਆਰਾਮ ਲੈਣਾ ਚਾਹੀਦਾ ਹੈ ਅਤੇ ਜਣੇਪਾ ਹਮੇਸ਼ਾ ਸਿਹਤ ਸੰਸਥਾ ਵਿੱਚ ਹੀ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਮਾਂ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ, ਇਸ ਲਈ ਹਰ ਗਰਭਵਤੀ ਮਹਿਲਾ ਨੂੰ ਇਸ ਅਭਿਆਨ ਦਾ ਲਾਭ ਜ਼ਰੂਰ ਲੈਣਾ ਚਾਹੀਦਾ ਹੈ। ਇਸ ਮੌਕੇ ਡਾ.ਅਮਰਿੰਦਰ ਸਿੰਘ, ਸੀਮਾ ਦੇਵੀ, ਮਿੰਨੀ, ਕੁਲਵਿੰਦਰ ਕੌਰ ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ।