Sunday, June 7
Shadow

ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਰੂਪਨਗਰ, 06 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫਸਰਾਂ ਅਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐਲ, ਬੀਪੀਸੀਐਲ, ਐੱਚਪੀਸੀਐਲ) ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨੇ ਵੀ ਭਾਗ ਲਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕੀਤੇ ਜਾਣ। ਇਸ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਹਫਤਾਵਾਰੀ ਟੀਚੇ ਵੀ ਨਿਰਧਾਰਿਤ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਸੁਚੱਜਾ ਗੈਸ ਉਪਲੱਬਧ ਕਰਵਾਉਣਾ ਹੈ, ਜਿਸ ਨਾਲ ਪਰਿਵਾਰਾਂ ਦੀ ਸਿਹਤ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਸੁਧਾਰ ਆਉਂਦਾ ਹੈ।

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਪਰਿਵਾਰ ਇਸ ਯੋਜਨਾ ਦੇ ਤਹਿਤ ਯੋਗ ਹਨ, ਉਹ ਆਪਣੇ ਨਜ਼ਦੀਕੀ ਗੈਸ ਏਜੰਸੀ ਨਾਲ ਸੰਪਰਕ ਕਰਕੇ ਆਪਣੀ ਯੋਗਤਾ ਦੀ ਜਾਂਚ ਕਰਵਾਉਣ ਅਤੇ ਯੋਗ ਪਾਏ ਜਾਣ ‘ਤੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਮੁਫ਼ਤ ਗੈਸ ਕਨੈਕਸ਼ਨ ਦਾ ਲਾਭ ਲੈਣ।