Wednesday, July 8
Shadow

ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼, ਪਦੋਓਨਤੀ ਦੇ ਮਾਮਲਿਆਂ ਨੂੰ ਤੁਰੰਤ ਨਿਪਟਾਉਣ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 8 ਜੁਲਾਈ – ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅੱਜ ਸਿੰਚਾਈ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਅਤੇ ਸੇਵਾ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਹਰਿਆਣਾ ਸਰਕਾਰ ਪੀ.ਡਬਲਯੂ.ਡੀ. ਮਕੈਨੀਕਲ ਵਰਕਰਜ਼ ਯੂਨੀਅਨ (ਰਜਿਸਟ੍ਰੇਸ਼ਨ ਨੰਬਰ-41), ਮੁੱਖ ਦਫ਼ਤਰ ਚਰਖੀ ਦਾਦਰੀ ਦੇ ਅਹੁਦੇਦਾਰਾਂ ਅਤੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ, ਪਦਉੱਨਤੀ, ਸੇਵਾ ਸਬੰਧੀ ਮਾਮਲਿਆਂ ਅਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਸਾਰੇ ਬਿੰਦੂਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਵੱਲੋਂ ਚੁੱਕੇ ਗਏ ਸਾਰੇ ਪੈਂਡਿੰਗ ਮਾਮਲਿਆਂ ਦਾ ਤਰਜੀਹ ਦੇ ਅਧਾਰ ‘ਤੇ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨਾ ਕੀਤੀ ਜਾਵੇ।

ਮੰਤਰੀ ਨੇ ਪਦੋਓਨਤੀ ਨਾਲ ਸਬੰਧਤ ਸਾਰੇ ਪੈਂਡਿੰਗ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਅਤੇ ਇਸ ਸਬੰਧ ਵਿੱਚ ਲੋੜੀਂਦੇ ਨਿਰਦੇਸ਼ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੋਗ ਕਰਮਚਾਰੀਆਂ ਨੂੰ ਸਮੇਂ ਸਿਰ ਪਦੋਓਨਤੀ ਦਾ ਲਾਭ ਮਿਲਣਾ ਚਾਹੀਦਾ ਹੈ, ਜਿਸ ਨਾਲ ਵਿਭਾਗੀ ਕਾਰਜਪ੍ਰਣਾਲੀ ਹੋਰ ਵੱਧ ਪ੍ਰਭਾਵੀ ਅਤੇ ਪਾਰਦਰਸ਼ੀ ਬਣ ਸਕੇ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਿਨ੍ਹਾਂ ਮਾਮਲਿਆਂ ਵਿੱਚ ਨੀਤੀਗਤ ਫੈਸਲੇ ਲੋੜੀਂਦੇ ਹਨ, ਉਨ੍ਹਾਂ ਨੂੰ ਲੋੜੀਂਦੀ ਕਾਰਵਾਈ ਲਈ ਤੁਰੰਤ ਮਨੁੱਖੀ ਸਰੋਤ ਵਿਭਾਗ ਅਤੇ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ, ਤਾਂ ਜੋ ਸਬੰਧਤ ਮਾਮਲਿਆਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਸਿੰਚਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਵਿਭਾਗ ਦੇ ਸਾਰੇ ਇੰਜੀਨੀਅਰ-ਇਨ-ਚੀਫ਼ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ।