Monday, June 22
Shadow

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 22 ਜੂਨ :- ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹੇ ਦੇ ਕੁੱਲ 7,18,760 ਵੋਟਰਾਂ ਵਿੱਚੋਂ 6,16,817 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ ਕੁੱਲ 903 ਪੋਲਿੰਗ ਬੂਥਾਂ ਲਈ 903 ਬੀ.ਐਲ.ਓਜ਼ ਅਤੇ 91 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 23-24 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ.ਐਲ.ਓਜ਼ ਬੀ.ਐਲ.ਏ. ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਮੀਟਿੰਗਾਂ ਕਰਨਗੇ।

ਦੀਪਸ਼ਿਖਾ ਸ਼ਰਮਾ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਅਤੇ 25 ਜੂਨ ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ।

ਉਨ੍ਹਾਂ ਦੱਸਿਆ ਕਿ 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ। ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਆਧਾਰ ਕਾਰਡ ਨੂੰ ਸਿਰਫ਼ ਪਛਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਪਛਾਣ ਦੇ ਸਬੂਤ ਵਜੋਂ।

ਡਿਪਟੀ ਕਮਿਸ਼ਨਰ ਨੇ ਹੋਰ ਵੱਖਰੀ ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ-2 ਨਿਯੁਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਹਰੇਕ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਭਰਪੂਰ ਤੌਰ ’ਤੇ ਸ਼ਾਮਲ ਕੀਤਾ ਜਾਵੇਗਾ। ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ।

ਇਸ ਮੀਟਿੰਗ ਵਿੱਚ ਵਧੀਕ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਇਲੈਕਸ਼ਨ ਤਹਿਸੀਲਦਾਰ ਦੀਪਕ ਕੁਮਾਰ, ਇਲੈਕਸ਼ਨ ਕਾਨੂੰਗੋ ਗਗਨਦੀਪ ਕੌਰ, ਆਮ ਆਦਮੀ ਪਾਰਟੀ ਤੋਂ ਬਖ਼ਸ਼ੀਸ਼ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਓਮ ਪ੍ਰਕਾਸ਼, ਸੀ.ਪੀ.ਆਈ. ਤੋਂ ਹੰਸਾ ਸਿੰਘ, ਬੀ.ਜੇ.ਪੀ. ਤੋਂ ਜਗਰਾਜ ਸਿੰਘ ਕਟੋਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਆਦਿ ਹਾਜ਼ਰ ਸਨ।