ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਕੀਤੇ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਕਰੀਬ ₹8 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ, ਜਿਸ ਨਾਲ ਕਿਸਾਨ, ਟਰਾਂਸਪੋਰਟਰ, ਵਪਾਰੀ ਅਤੇ ਮੱਧ ਵਰਗੀ ਪਰਿਵਾਰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿੱਚ ਫਸ ਗਏ ਹਨ।
ਉਨ੍ਹਾਂ ਖੁਲਾਸਾ ਕੀਤਾ ਕਿ ਜਿੱਥੇ ਇੱਕ ਪਾਸੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਉੱਥੇ ਹੀ ਮੋਦੀ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ 'ਤੇ ਬੋਝ ਪਾ ਰਹੀ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਸਿੱਧਾ ਕਿਸਾਨਾਂ 'ਤੇ ਮਾਰ ਕਰੇਗਾ ਅਤੇ ਇਸ ਨਾਲ ਦੇਸ਼ ਭਰ ਵਿੱਚ ਟਰਾਂਸਪੋਰਟ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਹੋਰ ਵਧਣਗੀਆਂ...








