Tuesday, May 5
Shadow

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 05 ਮਈ: ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਣਗੀਆਂ ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਯਾਤਰਾ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਸਮਰਪਿਤ ਹੋਵੇਗੀ।
      ਉਨ੍ਹਾਂ ਦੱਸਿਆ ਕਿ 6 ਮਈ ਨੂੰ ਸਵੇਰੇ 9 ਵਜੇ ਭਗਤ ਰਵਿਦਾਸ ਚੌਂਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਉਹ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਅਤੇ ਸਤਿਕਾਰ ਬਿਲ ਸੰਬੰਧੀ ਵੀ ਲੋਕਾਂ ਨੂੰ ਜਾਣਕਾਰੀ ਦੇਣਗੇ। ਸ਼ੁਕਰਾਨਾ ਯਾਤਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਰੂਪਨਗਰ ਵੱਲ ਰਵਾਨਾ ਹੋਵੇਗੀ। ਯਾਤਰਾ ਦੌਰਾਨ ਮੁੱਖ ਮੰਤਰੀ ਕੀਰਤਪੁਰ ਸਾਹਿਬ, ਭਰਤਗੜ੍ਹ ਅਤੇ ਘਨੌਲੀ ਵਿੱਚ ਵੀ ਰੁਕ ਕੇ ਸੰਗਤਾਂ ਨਾਲ ਮਿਲਣਗੇ।          
   ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਕਿਹਾ ਕਿ ਇਹ ਯਾਤਰਾ ਗੁਰੂ ਸਾਹਿਬ ਵੱਲੋਂ ਦਿੱਤੀ ਸੇਵਾ ਅਤੇ ਸਤਿਕਾਰ ਦੀ ਭਾਵਨਾ ਦੇ ਪ੍ਰਤੀਕ ਵਜੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਦਾ ਹੀ ਸਿੱਖ ਮਰਿਆਦਾ ਅਤੇ ਗੁਰੂ ਘਰ ਦੇ ਸਤਿਕਾਰ ਲਈ ਵਚਨਬੱਧ ਰਹੀ ਹੈ ਅਤੇ ਇਹ ਯਾਤਰਾ ਵੀ ਉਸੀ ਵਚਨਬੱਧਤਾ ਦਾ ਪ੍ਰਗਟਾਵਾ ਹੈ।