Friday, May 15
Shadow

ਮਹਿਲਾਵਾਂ ਅਤੇ ਬੱਚੇ ਸਮਾਜ ਦਾ ਆਧਾਰ, ਇਨ੍ਹਾਂ ਨੂੰ ਸਸ਼ਕਤ ਕਰਨਾ ਸਰਕਾਰ ਦੀ ਪਹਿਲ – ਮੁੱਖ ਮੰਤਰੀ

ਚੰਡੀਗੜ੍ਹ, 15 ਮਈ -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਅਤੇ ਬੱਚੇ ਕਿਸੇ ਵੀ ਸਮਾਜ ਅਤੇ ਦੇਸ਼ ਦਾ ਆਧਾਰ ਹੁੰਦੇ ਹਨ, ਇਨ੍ਹਾਂ ਨੂੰ ਸਸ਼ਕਤ ਕੀਤੇ ਬਿਨਾਂ ਰਾਸ਼ਟਰ ਸਸ਼ਕਤ ਨਹੀਂ ਹੋ ਸਕਦਾ। ਮਹਿਲਾਵਾਂ ਅਤੇ ਬੱਚਿਆਂ ਨੂੰ ਸਸ਼ਕਤ ਕਰਨਾ ਹਰਿਆਣਾ ਸਰਕਾਰ ਦੀਆਂ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਗਲੇ 5 ਸਾਲਾਂ ਦੀ ਆਪਣੀ ਕਾਰਜ ਯੋਜਨਾ ਇਸੇ ਤੱਥ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕਰੇ।

ਮੁੱਖ ਮੰਤਰੀ ਨੇ ਇਹ ਨਿਰਦੇਸ਼ ‘ਹਰਿਆਣਾ ਵਿਜ਼ਨ-2047’ ਦੇ ਅਧੀਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਅਗਾਮੀ 5 ਸਾਲਾ ਕਾਰਜ ਯੋਜਨਾ ਦੀ ਸਮੀਖਿਆ ਦੌਰਾਨ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਮਕਸਦ ਇੱਕ ਅਜਿਹੇ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦਾ ਨਿਰਮਾਣ ਕਰਨਾ ਹੈ ਜਿੱਥੇ ਮਹਿਲਾਵਾਂ ਨੂੰ ਸਨਮਾਨਜਨਕ ਜੀਵਨ ਜਿਊਣ ਦਾ ਅਧਿਕਾਰ ਹੋਵੇ, ਉਹ ਹਿੰਸਾ ਤੋਂ ਮੁਕਤ ਹੋਣ ਅਤੇ ਜਿੱਥੇ ਹਰ ਬੱਚੇ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਹਾਇਕ ਵਾਤਾਵਰਣ ਵਿੱਚ ਪਾਲਿਆ-ਪੋਸਿਆ ਜਾਵੇ, ਨਾਲ ਹੀ ਵਿਕਾਸ ਅਤੇ ਤਰੱਕੀ ਦੇ ਪੂਰੇ ਮੌਕੇ ਪ੍ਰਾਪਤ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਬੱਚਾ ਆਪਣੀ ਉਮਰ ਦੇ ਅਨੁਸਾਰ ਸਰੀਰਕ ਅਤੇ ਮਾਨਸਿਕ ਮਾਈਲਸਟੋਨ ਪੂਰੇ ਕਰ ਰਿਹਾ ਹੈ ਜਾਂ ਨਹੀਂ, ਇਹ ਜਾਂਚਣ ਲਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਵਾਏ। ਹਰ ਉਮਰ ਵਰਗ ਦੇ ਬੱਚਿਆਂ ਲਈ ‘ਬੇਬੀ ਸ਼ੋਅ’ ਅਤੇ ਸਿਹਤ ਮੁਕਾਬਲੇ ਸ਼ੁਰੂ ਕਰਵਾਏ ਜਾਣ, ਜਿਨ੍ਹਾਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇ। ਸਮਾਜ, ਪਰਿਵਾਰ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਵੀ ਅਜਿਹੇ ਪ੍ਰੋਗਰਾਮਾਂ ਵਿੱਚ ਸ਼ਾਮਲ ਕੀਤਾ ਜਾਵੇ। ਇਨ੍ਹਾਂ ਗਤੀਵਿਧੀਆਂ ਨਾਲ ਮਾਵਾਂ ਵਿੱਚ ਬੱਚਿਆਂ ਦੀ ਸਿਹਤ ਨੂੰ ਲੈ ਕੇ ਜਾਗਰੂਕਤਾ ਆਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਜੀਵਨ ਦੇ ਪਹਿਲੇ 6 ਸਾਲ ਬਹੁਤ ਮਹੱਤਵਪੂਰਨ ਹੁੰਦੇ ਹਨ, ਜਿਨ੍ਹਾਂ ‘ਤੇ ਉਨ੍ਹਾਂ ਦਾ ਪੂਰਾ ਭਵਿੱਖ ਨਿਰਭਰ ਕਰਦਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਦੀ ਸਿੱਖਿਆ, ਸਿਹਤ ਅਤੇ ਜਾਗਰੂਕਤਾ ਤੋਂ ਬਿਨਾਂ ਆਦਰਸ਼ ਪਰਿਵਾਰ ਅਤੇ ਸਿਹਤਮੰਦ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ, ਕਿਉਂਕਿ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਵੀ ਮਾਵਾਂ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੋ ਸਕਦੀ ਹੈ। ਇਸ ਲਈ ਮਹਿਲਾਵਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਰਣਨੀਤੀ ਨੂੰ ਵੀ ਵਿਭਾਗ ਆਪਣੀ ਅਗਾਮੀ ਕਾਰਜ ਯੋਜਨਾ ਵਿੱਚ ਸ਼ਾਮਲ ਕਰੇ। ਮਹਿਲਾਵਾਂ ਨੂੰ ਚੰਗਾ ਮਾਹੌਲ ਦੇਣ ਅਤੇ ਸਸ਼ਕਤ ਕਰਨ ਲਈ ਹਰ ਜ਼ਿਲ੍ਹੇ ਵਿੱਚ ਕੰਮਕਾਜੀ ਮਹਿਲਾਵਾਂ ਲਈ ‘ਵਰਕਿੰਗ ਵੂਮੈਨ ਹੋਸਟਲ’ ਅਤੇ ਉਨ੍ਹਾਂ ਦੇ ਬੱਚਿਆਂ ਲਈ ‘ਕਰੈਚ ਸੈਂਟਰ’ ਵੀ ਖੋਲ੍ਹੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਧੀਆਂ ਦੀ ਜਨਮ ਦਰ ਵਧਾਉਣ ਲਈ ਸੂਬੇ ਭਰ ਵਿੱਚ ਮਹਿਲਾਵਾਂ ਦਰਮਿਆਨ ਜਨ-ਜਾਗਰੂਕਤਾ ਦੀ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕਰੇ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਲਿੰਗ ਅਨੁਪਾਤ ਦੀ ਦਰ ਨੂੰ ਰਾਸ਼ਟਰੀ ਔਸਤ 933 ਤੋਂ ਵੀ ਵੱਧ ਕਰਨ ਦਾ ਟੀਚਾ ਨਿਰਧਾਰਿਤ ਕਰਕੇ ਇਸ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਠੋਸ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਨੇ ਮਹਿਲਾਵਾਂ ਅਤੇ ਬੱਚਿਆਂ ਲਈ ਅਨੀਮੀਆ ਦੀ ਜਾਂਚ ਦਾ ਘੇਰਾ ਵਧਾਉਣ ਅਤੇ ਲੋੜ ਅਨੁਸਾਰ ਸਪਲੀਮੈਂਟਸ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ 3 ਸਾਲ ਤੱਕ ਦੇ ਬੱਚਿਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਵਿਸ਼ੇਸ਼ ਪੋਸ਼ਣ ਸਮੱਗਰੀ ਪ੍ਰਦਾਨ ਕਰਨ ਸਬੰਧੀ ਵੀ ਹਦਾਇਤਾਂ ਦਿੱਤੀਆਂ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਜ਼ਿਲ੍ਹਾਵਾਰ ‘ਵੂਮੈਨ ਇੰਪਾਵਰ ਇੰਡੈਕਸ’ ਬਣਾਇਆ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਕਿਸ ਜ਼ਿਲ੍ਹੇ ਵਿੱਚ ਮਹਿਲਾਵਾਂ ਲਈ ਸਹੂਲਤਾਂ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕਰਨ ਲਈ ਜ਼ਰੂਰੀ ਹੈ ਕਿ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ।

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼ੇਖਰ ਵਿਦਿਆਰਥੀ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 25,962 ਆਂਗਣਵਾੜੀ ਕੇਂਦਰ ਚਲਾਏ ਜਾ ਰਹੇ ਹਨ। ਇਨ੍ਹਾਂ ਵਿੱਚ ਕੰਮ ਕਰ ਰਹੇ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਨੂੰ ਮਹਿਲਾਵਾਂ ਅਤੇ ਬੱਚਿਆਂ ਨਾਲ ਸਬੰਧਤ ਕਈ ਤਰ੍ਹਾਂ ਦੇ ਵੇਰਵੇ ਆਨਲਾਈਨ ਕਰਨੇ ਪੈਂਦੇ ਹਨ, ਇਸ ਲਈ ਉਨ੍ਹਾਂ ਦੀ ਯੋਗਤਾ ਵਧਾਉਣ ਅਤੇ ਲੋੜੀਂਦੇ ਉਪਕਰਣ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ।

ਇਸ ਮੌਕੇ ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼ੇਖਰ ਵਿਦਿਆਰਥੀ, ਨਿਰਦੇਸ਼ਕ ਡਾ. ਪ੍ਰਿਅੰਕਾ ਸੋਨੀ, ਮੁੱਖ ਮੰਤਰੀ ਦੇ ਓ.ਐਸ.ਡੀ. ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਅਤੇ ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ ਯਾਦਵ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।