
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਚੰਡੀਗੜ੍ਹ ਵਿੱਚ ਬਹੁ-ਉਦੇਸ਼ੀ ਸਿਹਤ ਸੁਪਰਵਾਈਜ਼ਰ (ਪੁਰਸ਼/ਮਹਿਲਾ) ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਸਿਹਤ ਖੇਤਰ ਦੇ ਮੂਹਰਲੀ ਲਾਇਨ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ, ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਕੰਮ ਵਾਲੀ ਥਾਂ ‘ਤੇ ਆ ਰਹੀਆਂ ਵਿਹਾਰਕ ਚੁਣੌਤੀਆਂ ਨੂੰ ਵਿਸਥਾਰ ਨਾਲ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸੀ।
ਇਸ ਮੌਕੇ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਨੈਸ਼ਨਲ ਹੈਲਥ ਮਿਸ਼ਨ ਹਰਿਆਣਾ ਦੇ ਮਿਸ਼ਨ ਡਾਇਰੈਕਟਰ ਸ੍ਰੀ ਆਰ. ਐੱਸ. ਢਿੱਲੋਂ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਵੀਰੇਂਦਰ ਯਾਦਵ ਸਮੇਤ ਵਿਭਾਗ ਦੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਿਹਤ ਮੰਤਰੀ ਦੇ ਸਾਹਮਣੇ ਰੱਖੀਆਂ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ ਹੀ ਧਿਆਨ ਨਾਲ ਅਤੇ ਸੰਵੇਦਨਸ਼ੀਲਤਾ ਨਾਲ ਸੁਣਿਆ।
ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਅਤੇ ਇੱਕ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਬਹੁ-ਉਦੇਸ਼ੀ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਉਹ ਸਿੱਧੇ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜ ਕੇ ਸਿਹਤ ਯੋਜਨਾਵਾਂ ਦਾ ਲਾਭ ਪਹੁੰਚਾਉਂਦੇ ਹਨ। ਅਜਿਹੇ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨਾ ਸਰਕਾਰ ਦੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਹੈ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਯੂਨੀਅਨ ਦੇ ਪ੍ਰਤੀਨਿਧੀਆਂ ਵੱਲੋਂ ਚੁੱਕੇ ਗਏ ਨੁਕਤਿਆਂ ‘ਤੇ ਤੁਰੰਤ ਕਾਰਵਾਈ ਕਰਨ ਅਤੇ ਸਬੰਧਤ ਫਾਈਲਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ, ਤਾਂ ਜੋ ਸਮੇਂ ਸਿਰ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਣ।