Friday, July 31
Shadow

ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਹੁਸ਼ਿਆਰਪੁਰ, 31 ਜੁਲਾਈ: ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਸ਼ਾਮ ਚੁਰਾਸੀ ਹਲਕੇ ਦੀਆਂ ਨਵ-ਨਿਯੁਕਤ 28 ਆਂਗਣਵਾੜੀ ਵਰਕਰਾਂ ਅਤੇ 48 ਹੈਲਪਰਾਂ ਨੂੰ ਅੱਜ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ।
ਨਿਯੁਕਤੀ ਪੱਤਰ ਸੌਂਪਣ ਵੇਲੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨਾਲ ਜੁੜੀ ਸਰਕਾਰੀ ਵਿਵਸਥਾ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਨਾ ਸਿਰਫ਼ ਬਾਲ ਵਿਕਾਸ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਹੋਣਗੀਆਂ, ਸਗੋਂ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਵੀ ਹੋਰ ਬਿਹਤਰ ਢੰਗ ਨਾਲ ਪਹੁੰਚੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚ ਹੁਣ ਤੱਕ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਅਤੇ ਮੈਰਿਟ ਦੇ ਆਧਾਰ ‘ਤੇ 68,228 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂ ਤੋਂ ਹੀ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਪੱਧਰ ‘ਤੇ ਭਰਤੀਆਂ ਕੀਤੀਆਂ ਹਨ ਜਿਸ ਸਦਕਾ ਸੂਬੇ ਦੇ ਨੌਜਵਾਨਾਂ ਦਾ ਸਰਕਾਰੀ ਭਰਤੀਆਂ ‘ਚ ਵਿਸ਼ਵਾਸ ਬਹਾਲ ਹੋਇਆ ਹੈ ਅਤੇ ਉਹ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਰੋਜ਼ਗਾਰ ਸਿਰਜਣਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨਿਯਮਤ ਭਰਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਵਿੱਚ ਸਰਕਾਰੀ ਨੌਕਰੀਆਂ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਰੋਜ਼ਗਾਰ ਅਤੇ ਵਿਕਾਸ ਦੇ ਨਵੇਂ ਮੌਕੇ ਸਿਰਜਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸੂਬੇ ਦੇ ਹਰ ਯੋਗ ਨੌਜਵਾਨ ਨੂੰ ਰੋਜ਼ਗਾਰ ਦੇ ਨਾਲ-ਨਾਲ ਲੋਕਾਂ ਤੱਕ ਬਿਹਤਰ ਸਰਕਾਰੀ ਸੇਵਾਵਾਂ ਪਹੁੰਚਾਉਣਾ ਹੈ।

ਇਸ ਮੌਕੇ ਸੀ ਡੀ ਪੀ ਓ ਰਵਿੰਦਰ ਕੌਰ,ਹਰਪ੍ਰੀਤ ਸਿੰਘ ਧਾਮੀ, ਕਮਲ ਧੂਤ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਡਾ. ਰਵਜੋਤ ਸਿੰਘ ਨੇ ਸਾਰੀਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਅਤੇ ਲੋਕ ਸੇਵਾ ਨੂੰ ਸਮਰਪਿਤ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।