Friday, September 11
Shadow

ਖੇਡਾਂ ਵਤਨ ਪੰਜਾਬ ਦੀਆਂ-2026 ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਦੀ ਖੇਡ ਪ੍ਰਤਿਭਾ ਨੂੰ ਦੇ ਰਹੀ ਨਵੀਂ ਦਿਸ਼ਾ: ਜਸਵੀਰ ਸਿੰਘ ਗੜ੍ਹੀ

ਸ੍ਰੀ ਚਮਕੌਰ ਸਾਹਿਬ, 11 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਦੇ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਤੀਜੇ ਦਿਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖੇਡ ਸਟੇਡੀਅਮ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਇਨਾਮ ਪ੍ਰਦਾਨ ਕੀਤੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ, ਲਗਨ ਅਤੇ ਜੋਸ਼ ਨਾਲ ਖੇਡਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵਿਸ਼ਾਲ ਖੇਡ ਮੰਚ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਨੂੰ ਖੇਡਾਂ ਨਾਲ ਜੋੜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸ ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਸਿਹਤਮੰਦ ਜੀਵਨ-ਸ਼ੈਲੀ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੋਣ ਦੇ ਨਾਲ-ਨਾਲ ਸੂਬੇ ਨੂੰ ਨਵੀਂ ਖੇਡ ਪ੍ਰਤਿਭਾ ਮਿਲ ਰਹੀ ਹੈ। ਉਨ੍ਹਾਂ ਖਿਡਾਰੀਆਂ ਨੂੰ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਤੰਦਰੁਸਤੀ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਵੀ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸੂਬੇ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਉੱਚ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰਨ ਲਈ ਵਧੀਆ ਮੌਕੇ ਮਿਲ ਰਹੇ ਹਨ।

ਸ. ਜਸਵੀਰ ਸਿੰਘ ਗੜ੍ਹੀ ਨੂੰ ਵੀ ਇਸ ਮੌਕੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਅੰਤਰ-ਰਾਸ਼ਟਰੀ ਖਿਡਾਰੀ ਜੁਝਾਰ ਸਿੰਘ ਦਾ ਵਿਸ਼ੇਸ਼ ਸਨਮਾਨ ਕਰਕੇ ਨੌਜਵਾਨ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਸਬੰਧੀ ਮੀਡੀਆ ਕੋਆਰਡੀਨੇਟਰ ਸ੍ਰੀ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਵਾਲੀਬਾਲ, ਕਬੱਡੀ, ਫੁੱਟਬਾਲ ਅਤੇ ਅਥਲੈਟਿਕਸ ਦੇ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਅਗਲੇ ਪੜਾਅ ’ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ ਜਾ ਰਿਹਾ ਹੈ।

ਇਹ ਖੇਡ ਮੁਕਾਬਲੇ ਉਪ ਮੰਡਲ ਮੈਜਿਸਟਰੇਟ ਸ. ਪ੍ਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਕੋਚ ਸ੍ਰੀ ਸ਼ੀਲ ਭਗਤ ਤੇ ਮੈਡਮ ਵੰਦਨਾ ਬਾਹਰੀ ਦੀ ਦੇਖ-ਰੇਖ ਹੇਠ ਸੁਚੱਜੇ ਢੰਗ ਨਾਲ ਕਰਵਾਏ ਗਏ।

ਸਮਾਗਮ ਦੌਰਾਨ ਤਹਿਸੀਲਦਾਰ ਸ. ਕੁਲਵਿੰਦਰ ਸਿੰਘ, ਡੀ.ਐੱਸ.ਪੀ. ਸ. ਮਨਜੀਤ ਸਿੰਘ ਔਲਖ, ਬੀ.ਡੀ.ਪੀ.ਓ. ਸ. ਅਜੈਬ ਸਿੰਘ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ੍ਰੀ ਵਿਸ਼ਾਲ ਕਸ਼ਯਪ, ਪ੍ਰਧਾਨ ਸ. ਅਮਨਦੀਪ ਸਿੰਘ ਮਾਂਗਟ, ਸੀਨੀਅਰ ਮੀਤ ਪ੍ਰਧਾਨ ਸ. ਚਹਿਲ ਸਿੰਘ ਭੰਗੂ, ਸਾਬਕਾ ਪ੍ਰਧਾਨ ਸ. ਭੁਪਿੰਦਰ ਸਿੰਘ ਭੂਰਾ, ਕੌਂਸਲਰ ਸ. ਇੰਦਰਪਾਲ ਸਿੰਘ ਪਾਲੀ, ਸ. ਸਰਬਜੀਤ ਸਿੰਘ ਕਾਲਾ, ਬਲਾਕ ਪ੍ਰਧਾਨ ਸ. ਰਿੰਕੂ ਸਹਿਗਲ, ਸ. ਦਵਿੰਦਰ ਸਿੰਘ, ਸ. ਇੰਦਰਜੀਤ ਸਿੰਘ, ਸ. ਗੁਰਵਿੰਦਰ ਸਿੰਘ, ਸ. ਦਲਜੀਤ ਕੌਰ, ਸ੍ਰੀਮਤੀ ਨਵਲਜੀਤ ਕੌਰ, ਸ. ਸਰਬਜੀਤ ਸਿੰਘ ਦੁੱਮਣਾ, ਸ. ਗੁਰਿੰਦਰ ਸਿੰਘ, ਸ. ਜਗਰੂਪ ਸਿੰਘ, ਸ. ਹਰਮਨਦੀਪ ਸਿੰਘ, ਸ. ਪੁਨੀਤ ਸਿੰਘ, ਸ. ਹਰਪ੍ਰੀਤ ਸਿੰਘ ਅਤੇ ਸ. ਜਗਤਾਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ। ਸਮੂਹ ਪ੍ਰਬੰਧਕਾਂ ਅਤੇ ਸਹਿਯੋਗੀਆਂ ਵੱਲੋਂ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ ਗਈ।