Thursday, September 17
Shadow

ਲਹਿਰਾਗਾਗਾ ਹਸਪਤਾਲ ’ਚ ਦੂਰਬੀਨ ਰਾਹੀਂ ਗੁੰਝਲਦਾਰ ਆਪਰੇਸ਼ਨ ਅਤੇ ਇਲਾਜ ਸੇਵਾਵਾਂ ਸ਼ੁਰੂ; ਹਲਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 17 ਸਤੰਬਰ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ, ਆਧੁਨਿਕ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਪੁੱਟਿਆ ਗਿਆ ਹੈ। ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਧੀਨ ਚੱਲ ਰਹੇ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਦਾਖ਼ਲ ਕਰਨ ਦੇ ਨਾਲ-ਨਾਲ ਮੇਜਰ ਅਤੇ ਲੈਪਰੋਸਕੋਪਿਕ ਸਰਜਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਕੇ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝਦੇ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕਿਆਂ ਲਈ ਇਹ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਆਪਰੇਸ਼ਨਾਂ ਅਤੇ ਮਾਹਿਰ ਡਾਕਟਰੀ ਇਲਾਜ ਲਈ ਸੰਗਰੂਰ, ਪਟਿਆਲਾ, ਹਿਸਾਰ, ਟੋਹਾਣਾ ਜਾਂ ਹੋਰ ਦੂਰ-ਦੁਰਾਡੇ ਸ਼ਹਿਰਾਂ ਦੇ ਮਹਿੰਗੇ ਹਸਪਤਾਲਾਂ ਵੱਲ ਰੁਖ਼ ਕਰਨ ਦੀ ਲੋੜ ਨਹੀਂ ਪਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਅਪ੍ਰੈਲ ਤੋਂ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਹੁਣ ਇਨਡੋਰ ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਅਤੇ ਮੇਜਰ ਸਰਜਰੀਆਂ ਦੀਆਂ ਸੇਵਾਵਾਂ ਵੀ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਨਾਰਮਲ ਡਿਲੀਵਰੀ ਰਾਹੀਂ ਇੱਕ ਬੱਚੀ ਦਾ ਜਨਮ ਹੋਇਆ ਹੈ, ਜਦਕਿ ਇੱਕ ਹੋਰ ਮਰੀਜ਼ ਦੇ ਹਰਨੀਆ ਸਮੇਤ ਤਿੰਨ ਆਪਰੇਸ਼ਨ ਇੱਕੋ ਸਮੇਂ ਸਫ਼ਲਤਾਪੂਰਵਕ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਨਾਮਵਰ ਲੈਪਰੋਸਕੋਪਿਕ ਸਰਜਨ ਡਾ. ਨਿਤੀਸ਼ ਜੈਨ, ਜੋ ਪਹਿਲਾਂ ਮੈਕਸ ਹਸਪਤਾਲ ਦਿੱਲੀ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ, ਵੱਲੋਂ ਹਸਪਤਾਲ ਵਿੱਚ ਦੂਰਬੀਨ ਰਾਹੀਂ ਪਿੱਤੇ ਦੀ ਥੈਲੀ ਕੱਢਣ ਦਾ ਸਫ਼ਲ ਆਪਰੇਸ਼ਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਰਜਰੀ ਲਈ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਆਮ ਤੌਰ ’ਤੇ 60 ਤੋਂ 70 ਹਜ਼ਾਰ ਰੁਪਏ ਜਾਂ ਇਸ ਤੋਂ ਵੀ ਵੱਧ ਖ਼ਰਚ ਕਰਨਾ ਪੈਂਦਾ ਹੈ, ਜਦਕਿ ਇੱਥੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਬੰਧਤ ਮਰੀਜ਼ ਦਾ ਇਲਾਜ ਬਿਨਾਂ ਕਿਸੇ ਖ਼ਰਚੇ ਦੇ ਕੀਤਾ ਗਿਆ ਹੈ।

ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਪੈਸਿਆਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਆਪਰੇਸ਼ਨ, ਬੇਹੋਸ਼ੀ (ਐਨੇਸਥੀਸੀਆ), ਲੋੜੀਂਦੇ ਟੈਸਟ, ਦਵਾਈਆਂ, ਬੈੱਡ ਅਤੇ ਹੋਰ ਸਬੰਧਤ ਇਲਾਜ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਦਵਾਈਆਂ ਲਈ ਬਾਹਰਲੇ ਮੈਡੀਕਲ ਸਟੋਰਾਂ ’ਤੇ ਭਟਕਣ ਤੋਂ ਬਚਾਉਣ ਲਈ ਲੋੜੀਂਦੀਆਂ ਦਵਾਈਆਂ ਹਸਪਤਾਲ ਪੱਧਰ ’ਤੇ ਹੀ ਉਪਲਬਧ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਲਈ ਹਸਪਤਾਲ ਵਿੱਚ ਹੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਲਈ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਯੋਗ ਵਿਅਕਤੀ ਬਿਨਾਂ ਕਿਸੇ ਬੇਲੋੜੀ ਖੱਜਲ-ਖੁਆਰੀ ਦੇ ਯੋਜਨਾ ਦਾ ਲਾਭ ਲੈ ਸਕਣ।

ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਕੈਂਪਸ ਲਗਭਗ 6 ਤੋਂ 7 ਲੱਖ ਵਰਗ ਫੁੱਟ ਰਕਬੇ ਵਿੱਚ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇੱਥੇ 440 ਬੈੱਡਾਂ ਦੀ ਸਮਰੱਥਾ ਵਾਲਾ ਅਤਿ-ਆਧੁਨਿਕ ਹਸਪਤਾਲ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਲਹਿਰਾਗਾਗਾ ਹੀ ਨਹੀਂ ਸਗੋਂ ਮੂਨਕ, ਖਨੌਰੀ ਅਤੇ ਆਸ-ਪਾਸ ਦੇ ਵੱਡੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਵੀ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਮੂਨਕ ਅਤੇ ਖਨੌਰੀ ਦੇ ਹਸਪਤਾਲਾਂ ਨੂੰ ਵੀ ਦਿਹਾਤੀ ਅਤੇ ਸ਼ਹਿਰੀ ਸਿਹਤ ਕੇਂਦਰਾਂ ਵਜੋਂ ਇਸ ਮੈਡੀਕਲ ਕਾਲਜ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ, ਜਿਸ ਨਾਲ ਸਮੁੱਚੇ ਇਲਾਕੇ ਵਿੱਚ ਇੱਕ ਮਜ਼ਬੂਤ ਸਿਹਤ ਸੇਵਾ ਨੈੱਟਵਰਕ ਵਿਕਸਤ ਹੋਵੇਗਾ।

ਸ਼੍ਰੀ ਗੋਇਲ ਨੇ ਕਿਹਾ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪੂਰੀ ਸਮਰੱਥਾ ਨਾਲ ਕਾਰਜਸ਼ੀਲ ਹੋਣ ਉਪਰੰਤ ਡਾਕਟਰਾਂ, ਪੈਰਾ-ਮੈਡੀਕਲ ਸਟਾਫ਼, ਤਕਨੀਕੀ ਮਾਹਿਰਾਂ ਅਤੇ ਹੋਰ ਕਰਮਚਾਰੀਆਂ ਸਮੇਤ ਲਗਭਗ 1100 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਦੇ ਨਾਲ ਹੀ ਇਲਾਕੇ ਵਿੱਚ ਹੋਰ ਸਹਾਇਕ ਕਾਰੋਬਾਰਾਂ ਅਤੇ ਸੇਵਾਵਾਂ ਨੂੰ ਵੀ ਹੁਲਾਰਾ ਮਿਲੇਗਾ।

ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੀ ਸਥਾਪਨਾ ਸਿਰਫ਼ ਇੱਕ ਇਮਾਰਤ ਜਾਂ ਸਿਹਤ ਪ੍ਰੋਜੈਕਟ ਤਕ ਸੀਮਤ ਨਹੀਂ ਹੈ, ਸਗੋਂ ਇਹ ਲਹਿਰਾਗਾਗਾ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਵੀ ਅਹਿਮ ਸਾਬਤ ਹੋਵੇਗਾ। ਇਸ ਸੰਸਥਾ ਦੇ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਲਈ ਮੈਡੀਕਲ ਸਿੱਖਿਆ ਦੇ ਮੌਕੇ ਵਧਣਗੇ ਅਤੇ ਉਨ੍ਹਾਂ ਨੂੰ ਡਾਕਟਰੀ ਦੀ ਪੜ੍ਹਾਈ ਲਈ ਦੂਰ-ਦੁਰਾਡੇ ਇਲਾਕਿਆਂ ਜਾਂ ਵਿਦੇਸ਼ਾਂ ਵੱਲ ਜਾਣ ਦੀ ਨਿਰਭਰਤਾ ਘਟੇਗੀ।

ਵਿਰੋਧੀ ਧਿਰਾਂ ਵੱਲੋਂ ਮੈਡੀਕਲ ਕਾਲਜ ਅਤੇ ਹਸਪਤਾਲ ਸਬੰਧੀ ਕੀਤੀ ਜਾ ਰਹੀ ਆਲੋਚਨਾ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਸ ਖੇਤਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੀ ਭਾਰੀ ਘਾਟ ਸੀ ਅਤੇ ਗੰਭੀਰ ਮਰੀਜ਼ਾਂ ਨੂੰ ਅਕਸਰ ਸੰਗਰੂਰ, ਪਟਿਆਲਾ, ਹਿਸਾਰ ਜਾਂ ਟੋਹਾਣਾ ਵਿਖੇ ਰੈਫ਼ਰ ਕਰਨਾ ਪੈਂਦਾ ਸੀ।

ਉਨ੍ਹਾਂ ਕਿਹਾ, “ਜੇਕਰ ਗ਼ਰੀਬ ਅਤੇ ਆਮ ਪਰਿਵਾਰਾਂ ਨੂੰ ਮੁਫ਼ਤ ਦਵਾਈਆਂ, ਟੈਸਟ ਅਤੇ ਆਪਰੇਸ਼ਨਾਂ ਦੀ ਸਹੂਲਤ ਦੇਣਾ ਕਿਸੇ ਨੂੰ ‘ਡਰਾਮਾ’ ਲੱਗਦਾ ਹੈ ਤਾਂ ਉਹ ਲੋਕਾਂ ਨੂੰ ਇਹ ਵੀ ਦੱਸਣ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਲੋਕਾਂ ਨੂੰ ਰਾਹਤ ਕਿਉਂ ਨਹੀਂ ਦਿੱਤੀ।”

ਸ਼੍ਰੀ ਗੋਇਲ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਮੁੱਦਿਆਂ ’ਤੇ ਸੌੜੀ ਸਿਆਸਤ ਕਰਨ ਦੀ ਬਜਾਏ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਸਿਆਸੀ ਬਿਆਨਬਾਜ਼ੀ ਦੀ ਬਜਾਏ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਸਹੂਲਤਾਂ ਦੇਣ ’ਤੇ ਕੇਂਦਰਿਤ ਹੈ।

ਇਸ ਮੌਕੇ ਹਸਪਤਾਲ ਪ੍ਰਬੰਧਕਾਂ ਅਤੇ ਡਾਕਟਰਾਂ ਦੀ ਟੀਮ ਨੇ ਜਾਣਕਾਰੀ ਦਿੱਤੀ ਕਿ ਸਰਜਰੀ ਨਾਲ ਸਬੰਧਤ ਮਾਹਿਰ ਡਾਕਟਰ ਹਸਪਤਾਲ ਵਿੱਚ ਨਿਯਮਤ ਤੌਰ ’ਤੇ ਉਪਲਬਧ ਰਹਿਣਗੇ ਅਤੇ ਮਰੀਜ਼ਾਂ ਦੇ ਲੋੜੀਂਦੇ ਮੈਡੀਕਲ ਟੈਸਟ ਅਤੇ ਜਾਂਚਾਂ ਮੁਕੰਮਲ ਹੋਣ ਉਪਰੰਤ ਨਿਯਮਾਂ ਅਨੁਸਾਰ ਆਪਰੇਸ਼ਨ ਦੀ ਤਾਰੀਖ਼ ਤੈਅ ਕੀਤੀ ਜਾਵੇਗੀ।

ਅਖ਼ੀਰ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ, ਮੂਨਕ, ਖਨੌਰੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਜ ਲਈ ਦੂਰ-ਦੁਰਾਡੇ ਦੇ ਮਹਿੰਗੇ ਨਿੱਜੀ ਹਸਪਤਾਲਾਂ ਵੱਲ ਜਾਣ ਤੋਂ ਪਹਿਲਾਂ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਜ਼ਰੂਰ ਪ੍ਰਾਪਤ ਕਰਨ ਅਤੇ ਯੋਗਤਾ ਅਨੁਸਾਰ ਮੁਫ਼ਤ ਇਲਾਜ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਮੌਕੇ ਡਾ. ਰਜਨੀਸ਼ ਜੈਨ ਸਮੇਤ ਵੱਖ ਵੱਖ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।