Thursday, October 29
Shadow

ਕਿਸਾਨਾਂ ਨੂੰ ਡੇਅਰੀ ਕਿੱਤੇ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਡਿਪਟੀ ਡਾਇਰੈਕਟਰ

ਜਲੰਧਰ, 29 ਅਕਤੂਬਰ : ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਡੇਅਰੀ ਕਿੱਤੇ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਸਬੰਧੀ ਸਮੇਂ-ਸਮੇਂ ’ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। 

ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਗਿੱਲ ਦੀ ਅਗਵਾਈ ਵਿੱਚ ਡੇਅਰੀ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ, ਦੁਧਾਰੂ ਪਸ਼ੂਆਂ, ਵਿਭਾਗ ਦੇ ਮਾਪਦੰਡਾਂ ਅਨੁਸਾਰ ਬਣਾਏ ਗਏ ਆਧੁਨਿਕ ਕੈਟਲ ਸ਼ੈੱਡਾਂ, ਚਾਰੇ ਦੀ ਕਟਾਈ ਲਈ ਸਿੰਗਲ ਰੋਅ ਫੋਡਰ ਹਾਰਵੈਸਟਰ ਅਤੇ ਦੁੱਧ ਚੁਆਈ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਫੋਡਰ ਹਾਰਵੈਸਟਰ ਮਸ਼ੀਨਾਂ ਲਗਾਈਆਂ ਹੋਈਆਂ ਹਨ ਜਾਂ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਆਧੁਨਿਕ ਕੈਟਲ ਸ਼ੈੱਡ ਬਣਾਏ ਹੋਏ ਹਨ, ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਜਲਦ ਤੋਂ ਜਲਦ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਲਾਡੋਵਾਲੀ ਰੋਡ, ਆਰ.ਡੀ.ਡੀ.ਐੱਲ. ਕੰਪਲੈਕਸ, ਜਲੰਧਰ ਵਿਖੇ ਸੰਪਰਕ ਕਰਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਡੇਅਰੀ ਫਾਰਮਰਾਂ ਨੂੰ ਪੰਜਾਬ ਸਰਕਾਰ ਵਲੋਂ ਡੇਅਰੀ ਕਿੱਤੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਕੀਮਾਂ ਤੇ ਸਬਸਿਡੀਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਵਿਭਾਗ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।