
ਨੰਗਲ 04 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਅਜੋਲੀ ਤੋਂ ਬੇਲਾ ਰੋਡ ਤੱਕ 18 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲ ਦਾ ਨਿਰਮਾਣ ਕਾਰਜ ਲਗਭਗ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪੁਲ ਇਲਾਕੇ ਦੀ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਲੋੜ ਨੂੰ ਪੂਰਾ ਕਰੇਗਾ ਅਤੇ ਲੋਕਾਂ ਦੇ ਸਫ਼ਰ ਨੂੰ ਹੋਰ ਸੁਖਾਲਾ ਬਣਾਏਗਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸੜਕੀ ਸੰਪਰਕ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਾਹਪੁਰ ਬੇਲਾ ਲਈ ਵੀ ਪੁਲ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਹੋਰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਅਜੋਲੀ ਪਿੰਡ ਵਿੱਚ ਪਹਿਲਾਂ ਹੀ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਡੰਗਾ ਲਗਵਾਇਆ ਗਿਆ ਹੈ, ਤਾਂ ਜੋ ਇਲਾਕੇ ਦੀ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਲੋਕਾਂ ਦੀਆਂ ਅਸਲ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾ ਰਹੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਬੇਲਿਆਂ ਦੇ ਇਲਾਕੇ ਵਿੱਚ ਸਵਾਂ ਨਦੀ ‘ਤੇ ਪਹਿਲਾਂ ਹੀ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਪੁਲਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਵੀ ਹੋਰ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਪੁਲਾਂ ਅਤੇ ਸੜਕਾਂ ਦਾ ਨਿਰਮਾਣ ਸਿਰਫ਼ ਆਵਾਜਾਈ ਦੀ ਸਹੂਲਤ ਤੱਕ ਸੀਮਤ ਨਹੀਂ ਹੁੰਦਾ, ਸਗੋਂ ਇਸ ਨਾਲ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਆਸਾਨ ਬਣਦੀ ਹੈ। ਇਸ ਨਾਲ ਇਲਾਕੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲਦੀ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੜਕਾਂ, ਪੁਲਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਪਿੰਡਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿੱਚ ਉੱਚ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ ਅਤੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਿਰਨ ਬਾਲਾ, ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈਲਫੇਅਰ ਬੋਰਡ, ਪੱਮੂ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ, ਤਿਲਕ ਰਾਜ ਸਰਪੰਚ ਅਜੋਲੀ, ਐਕਸੀਅਨ ਸੁਖਵਿੰਦਰ ਸਿੰਘ, ਐਸ.ਡੀ.ਓ. ਲਖਵੀਰ ਸਿੰਘ, ਜੇ.ਈ. ਪਵਨ ਸ਼ਰਮਾ, ਪ੍ਰਧਾਨ ਕਸ਼ਮੀਰੀ ਲਾਲ, ਛਿੰਦਾ ਬੇਲਾ ਧਿਆਨੀ, ਮਲਕੀਤ ਸਿੰਘ ਬੇਲਾ, ਅਸ਼ੋਕ ਨੰਬਰਦਾਰ, ਸਰਪੰਚ ਸੁਰੇਸ਼ ਕੁਮਾਰ, ਨਾਜਰ ਸਿੰਘ ਪੰਚ ਬੇਲਾ ਧਿਆਨੀ, ਡਾ. ਨਿਰਮਲ ਸਿੰਘ, ਬਲਬੀਰ ਸਿੰਘ, ਕ੍ਰਿਸ਼ਨ ਚੰਦ, ਸੁਖਵਿੰਦਰ ਸਿੰਘ ਸੇਖੋਂ ਸਰਪੰਚ ਰਾਏਪੁਰ, ਗੁਰਮੀਤ ਸਿੰਘ ਢੇਰ, ਜਗਜੀਤ ਸਿੰਘ ਜੱਗੀ ਬਲਾਕ ਪ੍ਰਧਾਨ, ਮਾਵੀ, ਮਲਕੀਤ ਸਿੰਘ, ਚੌਧਰੀ ਸੁੱਚਾ ਸਿੰਘ, ਰਾਕੇਸ਼ ਚੌਧਰੀ, ਕੁਲਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।