Tuesday, August 11
Shadow

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ – ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏਐਸਏਪੀ) ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਆਪ ਪੰਜਾਬ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ‘ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਨੌਜਵਾਨਾਂ ਨਾਲ ਜੁੜਾਅ ਯੂਨੀਵਰਸਿਟੀ ਵਿੱਚ ਪਾਰਟੀ ਦੇ ਵਿਦਿਆਰਥੀ ਪ੍ਰਚਾਰ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਨਿਯੁਕਤੀਆਂ ਆਗਾਮੀ ਪੀਯੂਸੀਐਸਸੀ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਹਨ, ਜੋ ਕਿ ਅਗਲੇ ਮਹੀਨੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ‘ਏਐਸਏਪੀ ਦੀ ਸੂਬਾ ਟੀਮ ਨੇ ਆਪਣੇ ਸੀਨੀਅਰ ਅਤੇ ਪੁਰਾਣੇ ਅਹੁਦੇਦਾਰਾਂ ਨਾਲ ਚੋਣਾਂ ਦੇ ਸਬੰਧ ਵਿੱਚ ਇੱਕ ਵਿਸਥਾਰਤ ਮੀਟਿੰਗ ਕੀਤੀ ਹੈ ਅਤੇ ਵਿਦਿਆਰਥੀਆਂ ਵਿੱਚ ਪਾਰਟੀ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਸਭ ਮਿਲ ਕੇ ਕੰਮ ਕਰਨਗੇ।

ਸੁਖਾਨੰਦ ਨੇ ਕਿਹਾ ਕਿ ਆਪ ਨੇ ਹਮੇਸ਼ਾ ਸਿੱਖਿਆ ਅਤੇ ਵਿਦਿਆਰਥੀਆਂ ਦੇ ਹੱਕਾਂ ਦੇ ਮੁੱਦੇ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲਿਆਉਣ ਲਈ ਨਿਰੰਤਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪ੍ਰਮੁੱਖ ਆਗੂ ਪੈਦਾ ਕਰਨ ਦਾ ਇੱਕ ਮਾਣਮੱਤਾ ਅਤੇ ਸ਼ਾਨਦਾਰ ਇਤਿਹਾਸ ਰਿਹਾ ਹੈ, ਜਿਨ੍ਹਾਂ ਨੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ “ਜਦੋਂ ਵੀ ਸਿੱਖਿਆ, ਵਿਦਿਆਰਥੀਆਂ ਦੇ ਅਧਿਕਾਰਾਂ ਜਾਂ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਗੱਲ ਹੁੰਦੀ ਹੈ, ਆਪ ਹਮੇਸ਼ਾ ਮੋਹਰੀ ਰਹੀ ਹੈ। ਅਸੀਂ ਇਨ੍ਹਾਂ ਚੋਣਾਂ ਦੀ ਤਿਆਰੀ ਪੂਰੀ ਵਚਨਬੱਧਤਾ ਨਾਲ ਕਰ ਰਹੇ ਹਾਂ ਕਿਉਂਕਿ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕਿਆ ਜਾਵੇ।”

ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਹਾਲ ਹੀ ਦੇ ਪ੍ਰਦਰਸ਼ਨਾਂ ਦਾ ਜ਼ਿਕਰ ਕਰਦਿਆਂ ਸੁਖਾਨੰਦ ਨੇ ਕਿਹਾ ਕਿ ਆਪ ਅਤੇ ਇਸ ਦੇ ਵਿਦਿਆਰਥੀ ਵਿੰਗ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ, ਜਿਵੇਂ ਕਿ ਪ੍ਰੀਖਿਆ ਨਾਲ ਸਬੰਧਤ ਸਮੱਸਿਆਵਾਂ ਅਤੇ ਪੇਪਰ ਲੀਕ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਰਗਰਮੀ ਨਾਲ ਸਮਰਥਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਵਿਦਿਆਰਥੀ ਆਗੂਆਂ ਨੇ ਦਿੱਲੀ ਦੇ ਜੰਤਰ-ਮੰਤਰ ਦੇ ਨਾਲ-ਨਾਲ ਦੇਸ਼ ਭਰ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਧਰਨਿਆਂ ਵਿੱਚ ਹਿੱਸਾ ਲਿਆ।

ਉਨ੍ਹਾਂ ਕਿਹਾ ਕਿ 70 ਤੋਂ ਵੱਧ ਪੇਪਰ ਲੀਕ ਹੋਣ ਕਾਰਨ ਲਗਭਗ ਦੋ ਕਰੋੜ ਵਿਦਿਆਰਥੀਆਂ ਦੇ ਭਵਿੱਖ ‘ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ ਅਤੇ ਇਸ ਅਨਿਸ਼ਚਿਤਤਾ ਤੇ ਮਾਨਸਿਕ ਤਣਾਅ ਦੇ ਚਲਦਿਆਂ ਕਈ ਵਿਦਿਆਰਥੀਆਂ ਨੂੰ ਆਪਣੀ ਜਾਨ ਵੀ ਗੁਆਉਣੀ ਪਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਮੁੱਦੇ ਨਹੀਂ ਹਨ; ਇਹ ਸਾਡੀ ਨਵੀਂ ਪੀੜ੍ਹੀ ਦੇ ਭਵਿੱਖ ‘ਤੇ ਸਿੱਧਾ ਅਸਰ ਪਾਉਂਦੇ ਹਨ।

ਸੁਖਾਨੰਦ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਸਬੰਧਤ ਸਥਾਨਕ ਮੁੱਦਿਆਂ ‘ਤੇ ਵੀ ਚਾਨਣਾ ਪਾਇਆ, ਜਿਨ੍ਹਾਂ ਵਿੱਚ ਸਫ਼ਾਈ, ਹੋਸਟਲ ਦੀਆਂ ਸਹੂਲਤਾਂ, ਕੈਂਪਸ ਦੀ ਸੁਰੱਖਿਆ ਅਤੇ ਹੋਰ ਸਮੱਸਿਆਵਾਂ ਸ਼ਾਮਲ ਹਨ। ਨੰਗੀ ਬਿਜਲੀ ਦੀ ਤਾਰ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਵਿਦਿਆਰਥੀ ਦੀ ਹੋਈ ਮੌਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਸਟਮ ਨੂੰ ਜੋ ਇੱਕ ਛੋਟੀ ਜਿਹੀ ਲਾਪਰਵਾਹੀ ਜਾਪਦੀ ਹੈ, ਉਹ ਕਿਸੇ ਪਰਿਵਾਰ ਲਈ ਅਣਮਨੁੱਖੀ ਦੁਖਾਂਤ ਬਣ ਸਕਦੀ ਹੈ।

ਉਨ੍ਹਾਂ ਕਿਹਾ ਕਿ ਆਪ ਦਾ ਵਿਦਿਆਰਥੀ ਵਿੰਗ ਪੀਯੂਸੀਐਸਸੀ ਚੋਣਾਂ ਦੌਰਾਨ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਰਾਸ਼ਟਰੀ ਮੁੱਦਿਆਂ ਅਤੇ ਕੈਂਪਸ ਦੇ ਸਥਾਨਕ ਮੁੱਦਿਆਂ ਦੋਵਾਂ ਨੂੰ ਪ੍ਰਮੁੱਖਤਾ ਨਾਲ ਚੁੱਕੇਗਾ। ਉਨ੍ਹਾਂ ਅੱਗੇ ਕਿਹਾ ਕਿ ਏਐਸਏਪੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਵਿਦਿਆਰਥੀ ਸੰਘਰਸ਼ਾਂ ਨਾਲ ਨਤੀਜੇ ਨਿਕਲਦੇ ਹਨ, ਜਿਵੇਂ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਬਾਰੇ ਚਲਾਈ ਗਈ ਮੁਹਿੰਮ ਤੋਂ ਬਾਅਦ ਕੇਂਦਰ ਸਰਕਾਰ ਨੂੰ ਇਹ ਐਲਾਨ ਕਰਨਾ ਪਿਆ ਕਿ ਸੈਨੇਟ ਚੋਣਾਂ ਦੁਬਾਰਾ ਕਰਵਾਈਆਂ ਜਾਣਗੀਆਂ।

ਅੰਮ੍ਰਿਤਪਾਲ ਸੁਖਾਨੰਦ ਨੇ ਅੱਗੇ ਕਿਹਾ ਕਿ ਵਿਦਿਆਰਥੀ ਰਾਜਨੀਤੀ ਭਵਿੱਖ ਦੀ ਸਿਆਸੀ ਅਗਵਾਈ ਨੂੰ ਘੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਰਾਜਨੀਤੀ ਤੋਂ ਉੱਭਰਨ ਵਾਲੇ ਨੌਜਵਾਨ ਆਗੂਆਂ ਕੋਲ ਇੱਕ ਵਿਸ਼ਾਲ ਦ੍ਰਿਸ਼ਟੀਕੋਣ, ਲੋਕ ਮੁੱਦਿਆਂ ਦੀ ਬਿਹਤਰ ਸਮਝ ਅਤੇ ਲੋਕਾਂ ਵਿੱਚ ਕੰਮ ਕਰਨ ਦਾ ਵਧੇਰੇ ਜਜ਼ਬਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਆਪ ਪੰਜਾਬ ਯੂਨੀਵਰਸਿਟੀ ਵਿੱਚ ਅਜਿਹਾ ਮਾਹੌਲ ਸਿਰਜਣਾ ਚਾਹੁੰਦੀ ਹੈ ਜਿੱਥੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰ ਖੇਤਰਾਂ ਦੇ ਵਿਦਿਆਰਥੀ ਸਮਰੱਥ ਅਤੇ ਇਮਾਨਦਾਰ ਸਿਆਸੀ ਆਗੂ ਵਜੋਂ ਉੱਭਰ ਸਕਣ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਨੇਤਾ ਪੈਦਾ ਕਰਨਾ ਚਾਹੁੰਦੇ ਹਾਂ ਜੋ ਇਸ ਯੂਨੀਵਰਸਿਟੀ ਤੋਂ ਬਾਹਰ ਨਿਕਲ ਕੇ ਜਨਤਕ ਜੀਵਨ ਵਿੱਚ ਪ੍ਰਵੇਸ਼ ਕਰਨ ਤੋਂ ਬਾਅਦ ਲੋਕਾਂ ਦੀ ਆਵਾਜ਼ ਬਣਨ ਅਤੇ ਇਮਾਨਦਾਰੀ, ਸਮਰਪਣ ਤੇ ਉਤਸ਼ਾਹ ਨਾਲ ਉਨ੍ਹਾਂ ਲਈ ਕੰਮ ਕਰਨ।

ਵਿਧਾਇਕ ਸੁਖਾਨੰਦ ਨੇ ਕਿਹਾ ਕਿ ਆਪ ਨੇ ਉਸ ਰਵਾਇਤੀ ਰਾਜਨੀਤਿਕ ਪ੍ਰਣਾਲੀ ਨੂੰ ਚੁਣੌਤੀ ਦਿੱਤੀ ਹੈ ਜੋ ਅਕਸਰ ਨੌਜਵਾਨਾਂ ਨੂੰ ਰਾਜਨੀਤੀ ਤੋਂ ਦੂਰ ਰੱਖਦੀ ਸੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦਾ ਵਿਦਿਆਰਥੀ ਵਿੰਗ ਲੋਕ ਸੇਵਾ ਲਈ ਵਚਨਬੱਧ ਆਗੂਆਂ ਦੀ ਇੱਕ ਨਵੀਂ ਪੀੜ੍ਹੀ ਨੂੰ ਤਿਆਰ ਕਰਨਾ ਜਾਰੀ ਰੱਖੇਗਾ।