ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 26 ਫਰਵਰੀ 2026:-ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ 'ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100 ਚੋਟੀ ਦੇ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਸਵੈ-ਸਹਾਇਤਾ ਸਮੂਹਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘੱਟ 2.16 ਫ਼ੀਸਦ ਹੋ ਗਈ ਹੈ।
ਇਸ ਸਬੰਧੀ ਵੱਡੇ ਪੱਧਰ 'ਤੇ ਜਸ਼ਨਾਂ ਦਾ ਐਲਾਨ ਕਰਦਿਆਂ ਅਤੇ ਸਾਲ 2022 ਤੋਂ ਬਾਅਦ ਦਿੱਤੇ ਜਾ ਰਹੇ ਵਿੱਤੀ ਅਤੇ ਸੰਸਥਾਗਤ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਵੈ-ਸਹਾਇਤਾ ਸਮੂਹਾਂ ਦਾ ਵਿਸਥਾਰ ਕੀਤਾ ਗਿਆ ਹੈ, ਫੰਡਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੇਂਡੂ ਔਰਤਾਂ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ।
...








