
ਬਰਨਾਲਾ, 6 ਮਈ
ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਅੱਜ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਨੇ ਪੋਰਟਲ ‘ਤੇ ਆਪਣੇ ਵੇਰਵੇ ਭਰ ਕੇ ਸਵੈ ਗਣਨਾ ਕੀਤੀ।
ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in ‘ਤੇ ਜਾ ਕੇ ਸਵੈ ਗਣਨਾ ਕਰਨ ਦਾ ਸੱਦਾ ਦਿੱਤਾ। ਓਹਨਾਂ ਕਿਹਾ ਕਿ ਸਵੈ ਗਣਨਾ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਖੁਦ ਜਾਣਕਾਰੀ ਭਰਨ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO) ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਜਿਸ ਵਿਚ ਗਿਣਤੀਕਾਰ ਘਰ ਘਰ ਜਾ ਕੇ ਗਿਣਤੀ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਵੀ ਸਵੈ ਗਣਨਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੇਰਵੇ ਆਪ ਭਰਨ ਦੀ ਅਪੀਲ ਕੀਤੀ।
ਓਹਨਾਂ ਦੱਸਿਆ ਕਿ ਸਵੈ ਗਣਨਾ ਲਈ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in ‘ਤੇ ਜਾਣਾ ਹੈ। ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ‘ਤੇ ਲੌਗਇਨ ਕਰੋ। ਪੋਰਟਲ ‘ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਆਪਣੀ ਸਹੂਲਤ ਅਨੁਸਾਰ ਭਰੋ। ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇੱਕ ‘ਸੈਲਫ-ਐਨੂਮਰੇਸ਼ਨ ਆਈ ਡੀ’ (SE ID) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।