
ਚੰਡੀਗੜ੍ਹ, 26 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ। ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਚਿੱਤਰਾਂ ‘ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਪ੍ਰੋਗਰਾਮ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਇਸ ਦੌਰਾਨ ‘ਜਨ ਆਕ੍ਰੋਸ਼ ਮਹਿਲਾ ਸੰਮੇਲਨ’ ਵਿੱਚ ਵੀ ਸ਼ਿਰਕਤ ਕੀਤੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ ਮੁੱਖ ਉਦੇਸ਼ ਸੰਵਾਦ ਸਥਾਪਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਹਰ ਮਹੀਨੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਹੱਤਵ ਦੇ ਮੁੱਦਿਆਂ ‘ਤੇ ਚਰਚਾ ਕਰਦੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਨਾਗਰਿਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੀ ਪ੍ਰਤੀਕਿਰਿਆ ਜਾਣਨਾ ਵੀ ਇਸ ਦਾ ਇੱਕ ਮਹੱਤਵਪੂਰਨ ਪਹਿਲੂ ਹੈ।
ਉਨ੍ਹਾਂ ਕਿਹਾ ਕਿ ‘ਮਨ ਕੀ ਬਾਤ’ ਪ੍ਰਧਾਨ ਮੰਤਰੀ ਅਤੇ ਆਮ ਜਨਤਾ ਵਿਚਕਾਰ ਸੰਵਾਦ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਇਸ ਪ੍ਰੋਗਰਾਮ ਰਾਹੀਂ ਦੇਸ਼ ਭਰ ਵਿੱਚ ਹੋ ਰਹੇ ਸਕਾਰਾਤਮਕ ਯਤਨਾਂ, ਸਮਾਜਿਕ ਨਵੀਨਤਾਵਾਂ ਅਤੇ ਜਨ ਭਾਗੀਦਾਰੀ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਨੂੰ ਸਾਹਮਣੇ ਲਿਆਂਦਾ ਜਾਂਦਾ ਹੈ, ਜੋ ਸਮਾਜ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਕਰਦੀਆਂ ਹਨ ਅਤੇ ਸਮਾਜ ਵਿੱਚ ਮੇਲ-ਜੋਲ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਨੂੰ ਨਵੀਨਤਾ (ਨਵੀਆਂ ਕਾਢਾਂ), ਆਤਮ-ਨਿਰਭਰਤਾ ਅਤੇ ਰਾਸ਼ਟਰ ਨਿਰਮਾਣ ਲਈ ਪ੍ਰੇਰਿਤ ਕਰਦਾ ਹੈ। ‘ਮਨ ਕੀ ਬਾਤ’ ਪ੍ਰੋਗਰਾਮ ਨਾ ਸਿਰਫ਼ ਵਿਚਾਰਾਂ ਨੂੰ ਦਿਸ਼ਾ ਦਿੰਦਾ ਹੈ, ਸਗੋਂ ਦੇਸ਼ ਵਾਸੀਆਂ ਨੂੰ ਵਿਕਾਸ, ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੰਦੇਸ਼ ਵੀ ਦਿੰਦਾ ਹੈ।