Sunday, November 1
Shadow

ਨਸ਼ਿਆਂ ਅਤੇ ਅਪਰਾਧ ਖਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

ਸ੍ਰੀ ਮੁਕਤਸਰ ਸਾਹਿਬ, 01 ਨਵੰਬਰ: ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਅਤੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਂਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਵਿਸ਼ੇਸ਼ CASO (Cordon and Search Operation) ਅਭਿਆਨ ਚਲਾਇਆ ਗਿਆ।

ਇਸ ਵਿਸ਼ੇਸ਼ ਅਭਿਆਨ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਗਈ।

CASO ਅਭਿਆਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਅਪਰਾਧਿਕ ਪਿਛੋਕੜ ਦੀ ਜਾਂਚ ਲਈ PAIS ਐਪ ਦੀ ਵਰਤੋਂ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ ਮਾਲਕੀ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਲਈ VAHAN ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ।

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਮੁੱਖ ਰਸਤਿਆਂ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਵਿਅਕਤੀਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖਦਿਆਂ ਲੋੜ ਅਨੁਸਾਰ ਅਗਲੇਰੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਇਸ ਵਿਸ਼ੇਸ਼ CASO ਅਭਿਆਨ ਵਿੱਚ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਵੱਖ-ਵੱਖ ਪੁਲਿਸ ਟੀਮਾਂ ਵਿੱਚ ਸ਼ਾਮਲ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ, ਚੈਕਿੰਗ ਅਤੇ ਵੈਰੀਫਿਕੇਸ਼ਨ ਦੀ ਕਾਰਵਾਈ ਕੀਤੀ।

ਅਭਿਆਨ ਦੀ ਨਿਗਰਾਨੀ ਸ੍ਰੀ ਗੁਰਿੰਦਰਜੀਤ ਸਿੰਘ ਆਈ.ਪੀ.ਐਸ., ਐਸ.ਪੀ. (ਐਚ.), ਸ੍ਰੀ ਮਹੇਸ਼ ਕੁਮਾਰ ਸੈਣੀ, ਐਸ.ਪੀ. ਆਪਰੇਸ਼ਨ, ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ, ਡੀ.ਐਸ.ਪੀ. ਮਲੋਟ, ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ. ਗਿੱਦੜਬਾਹਾ, ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਲੰਬੀ ਅਤੇ ਸ੍ਰੀ ਜੋਰਾ ਸਿੰਘ, ਡੀ.ਐਸ.ਪੀ. (ਐਚ.) ਸਮੇਤ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓਜ਼ ਵੱਲੋਂ ਕੀਤੀ ਗਈ।

ਐਸ.ਪੀ. ਗੁਰਿੰਦਰਜੀਤ ਸਿੰਘ ਆਈ.ਪੀ.ਐਸ. ਦਾ ਬਿਆਨ

ਸ੍ਰੀ ਗੁਰਿੰਦਰਜੀਤ ਸਿੰਘ ਆਈ.ਪੀ.ਐਸ., ਐਸ.ਪੀ. (ਐਚ.), ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ। CASO ਅਭਿਆਨ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਪੂਰੀ ਵੈਰੀਫਿਕੇਸ਼ਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਆਧੁਨਿਕ ਤਕਨੀਕ ਅਤੇ ਐਪਸ ਦੀ ਮਦਦ ਨਾਲ ਵਿਅਕਤੀਆਂ ਅਤੇ ਵਾਹਨਾਂ ਦੀ ਜਾਣਕਾਰੀ ਦੀ ਤਸਦੀਕ ਕੀਤੀ ਜਾ ਰਹੀ ਹੈ। ਨਸ਼ਿਆਂ ਦੀ ਤਸਕਰੀ ਜਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਸਰਚ ਅਤੇ ਚੈਕਿੰਗ ਅਭਿਆਨ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰੀ, ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਜਾਂ ਕਿਸੇ ਹੋਰ ਅਪਰਾਧਿਕ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ਜਾਂ 80549-42100 ’ਤੇ ਜਾਣਕਾਰੀ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।