Sunday, September 13
Shadow

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 04 ਜੂਨ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ‘ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਮੈਰਿਜ਼ ਪੈਲਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਜ਼, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਣੀ ਵਰਤੋਂ ਨਹੀਂ ਕਰ ਸਕਦਾ।
            ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ।
ਇਹ ਹੁਕਮ 31 ਜੂਲਾਈ 2026 ਤੱਕ ਲਾਗੂ ਰਹੇਗਾ।