
ਚੰਡੀਗੜ੍ਹ: ਪੰਜਾਬ ਸਰਕਾਰ ਦੇ ਇਸ ਆਖਰੀ ਬਜਟ ਸੈਸ਼ਨ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ 260,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਨੇ ਖੇਡਾਂ ਦੀ ਦੁਨੀਆ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। 2026-27 ਦੇ ਬਜਟ ਵਿੱਚ ਖੇਡ ਖੇਤਰ ਲਈ 1,791 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ‘ਇਹ ਨਿਵੇਸ਼ ਪੰਜਾਬ ਵਿੱਚ ਜ਼ਮੀਨੀ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਖਿਡਾਰੀਆਂ ਲਈ ਇੱਕ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰੇਗਾ।’
ਪਿੰਡ-ਪਿੰਡ ਲਿਜਾਈ ਜਾਵੇਗੀ ਖੇਡ ਗਤੀਵਿਧੀ
ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਸਰਕਾਰ ਖੇਡਾਂ ਦੇ ਵਿਕਾਸ ਲਈ ਇੱਕ ਵਿਆਪਕ ਅਤੇ ਯੋਜਨਾਬੱਧ ਰਣਨੀਤੀ ਲਾਗੂ ਕਰ ਰਹੀ ਹੈ। ਇਸ ਰਣਨੀਤੀ ਤਹਿਤ, ਖੇਡ ਗਤੀਵਿਧੀਆਂ ਨੂੰ ਹਰ ਪਿੰਡ ਤੱਕ ਲਿਜਾਣ ਅਤੇ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਸਹੂਲਤਾਂ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ’।