Saturday, May 9
Shadow

ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ  ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਫ਼ਰੀਦਕੋਟ 9 ਮਈ () ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਲੋੜੀਂਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਦੇ ਗੈਸਟ ਹਾਊਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ । ਇਸ ਮੌਕੇ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ.ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ ਤੇ ਖੇਡਾਂ ਦੇ ਮੈਦਾਨਾਂ ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਨਿਰੰਤਰ ਮੌਨੀਟਰਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। 

ਕੈਬਨਿਟ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਆਉਣ ਵਾਲੀਆਂ ਹਨ ਤੇ ਇਸ ਸਬੰਧ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਂਡਿੰਗ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ  ਤਹਿਸੀਲਾਂ ਅਤੇ ਪਟਵਾਰਖਾਨਿਆ ਵਿੱਚ ਹੋਰ ਪਾਰਦਰਸ਼ਤਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ ਅਤੇ ਸੁਝਾਅ ਵੀ ਲਏ ਗਏ ਹਨ ਜਿਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।ਉਨ੍ਹਾਂ ਕਿਹਾ ਕਿ ਫ਼ਰੀਦਕੋਟ ਗੁਰੂਆਂ ਪੀਰਾਂ ਦੀ ਧਰਤੀ ਹੈ। ਹਲਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ, ਸੀਵਰੇਜ ਅਤੇ ਤਹਿਸੀਲਾਂ/ ਪਟਵਾਰਖਾਨਿਆਂ ਵਿੱਚ ਕੰਮਾਂ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਸਖਤ ਆਦੇਸ਼ ਦਿੱਤੇ ਕਿ ਜਿਹੜੇ ਵੀ ਅਧਿਕਾਰੀ ਇਨ੍ਹਾਂ ਕੰਮਾਂ ਵਿੱਚ ਅਣਗਹਿਲੀ ਕਰਨਗੇ , ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਦੂਜੇ ਰਾਜਾਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਈ.ਡੀ ਦੀਆਂ ਰੇਡਾਂ ਵਰਗੇ ਹਥਿਆਰ ਵਰਤ ਕੇ ਸੱਤਾ ਵਿੱਚ ਆਉਣਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬੀ ਡਰਨ ਵਾਲੇ ਨਹੀਂ ਹਨ ਅਤੇ ਪੰਜਾਬ ਵਿੱਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਵੇਗੀ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਫ਼ਾਈ ਸੇਵਕ ਜੋ ਇਸ ਸਮੇਂ ਹੜਤਾਲ ਤੇ ਚੱਲ ਰਹੇ ਹਨ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਐਮ.ਐਲ.ਏ ਧਰਮਕੋਟ ਸ.ਦਵਿੰਦਰਜੀਤ ਸਿੰਘ ਲਾਡੀ ਢੋਸ,ਚੇਅਰਮੈਨ ਪਲਾਨਿੰਗ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਸ.ਗੁਰਮੀਤ ਸਿੰਘ ਆਰੇਵਾਲਾ, ਸ.ਸੁਖਜੀਤ ਸਿੰਘ ਢਿੱਲਵਾਂ ਪੰਜਾਬ ਪ੍ਰਧਾਨ ਬੀ.ਸੀ ਵਿੰਗ, ਡੀ.ਆਰ.ਓ ਲਵਪ੍ਰੀਤ ਕੌਰ,ਸ਼ਮਿੰਦਰ ਸਿੰਘ ਐਕਸੀਅਨ ਵਾਟਰ ਸਪਲਾਈ, ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ,ਸੁਖਵੰਤ ਪੱਕਾ , ਸੈਕਟਰੀ ਰੈੱਡ ਕਰਾਸ ਮਨਦੀਪ ਮੌਂਗਾ, ਚੇਅਰਮੈਨ ਜਿਲਾ ਪਰਿਸ਼ਦ ਸਰਬਜੀਤ ਸਿੰਘ ,ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ,ਨੀਤੂ ਕਪੂਰ,ਗੈਰੀ ਵੜਿੰਗ,ਮਾਸਟਰ ਗੁਰਚਰਨ ਸਿੰਘ, ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਜਗਜੀਤ ਜੱਗੀ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।