ਨਸ਼ਾ ਪ੍ਰਭਾਵਿਤ ਹੌਟਸਪੌਟ ਖੇਤਰਾਂ ਵਿੱਚ 60 ਦਿਨਾਂ ਦੇ ਅੰਦਰ ਠੋਸ ਸੁਧਾਰ ਲਿਆਉਣ ਲਈ ਵਿਸ਼ੇਸ਼ ਕਾਰਜਯੋਜਨਾ ਤਿਆਰ ਕਰਨ ਅਧਿਕਾਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 14 ਅਕਤੂਬਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹੇ ਵਿੱਚ ਨਸ਼ਾ ਪ੍ਰਭਾਵਿਤ ਵਜੋਂ ਚਿੰਨ੍ਹਿਤ ਹੌਟਸਪੌਟ ਖੇਤਰਾਂ ਵਿੱਚ ਸੁਧਾਰ ਲਿਆਉਣ ਅਤੇ ਨਸ਼ੇ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹਰੇਕ ਹੌਟਸਪੌਟ ਦੀ ਅਸਲ ਸਥਿਤੀ, ਸਥਾਨਕ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵਿਸਥਾਰਪੂਰਵਕ ਮੁਲਾਂਕਣ ਕਰਦਿਆਂ ਅਗਲੇ 60 ਦਿਨਾਂ ਲਈ ਠੋਸ, ਵਿਹਾਰਕ ਅਤੇ ਨਤੀਜਾਮੁਖੀ ਕਾਰਜਯੋਜਨਾ ਤਿਆਰ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸੁਧਾਰ ਲਈ ਸਿਰਫ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਹਰੇਕ ਖੇਤਰ ਦੀਆਂ ਵਿਸ਼ੇਸ਼ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਅਤੇ ਵਾਧੂ ਉਪਰਾਲੇ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਸਬੰਧਤ ਨੋਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਟਰੀਟ ਲਾਈਟਾਂ ਦੀ ਵਿਵਸਥਾ ਅਤੇ ਖੇਤਰ ਦੇ ਸੁੰਦਰੀਕਰਨ ਵ...








