ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਪਿੰਡ ਖੇਤਲਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ
ਸੁਨਾਮ, 29 ਅਗਸਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਸੰਗਰੂਰ ਵੱਲੋਂ ਪਿੰਡ ਖੇਤਲਾ, ਬਲਾਕ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਪਿੰਡ ਦੇ ਕੁੱਲ 25 ਕਿਸਾਨਾਂ ਨੇ ਭਾਗ ਲਿਆ।
ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਅਤੇ ਜ਼ਮੀਨ ਦੀ ਸਿਹਤ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ (ਇਨ-ਸੀਟੂ) ਦੀਆਂ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਰ...








